ਕਾਂਗਰਸ ਪਾਰਟੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਤਿਆਰ ਨਵਜੋਤ ਸਿੰਘ ਸਿੱਧੂ . ਸਥਾਨਕ ਸਰਕਾਰਾਂ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਦਾ ਸੱਦਾ ,

0
1670

ਲੁਧਿਆਣਾ, 16 ਜਨਵਰੀ ( ਸੀ ਐਨ ਆਈ ) ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਪ੍ਰਵਾਸੀ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਿਵੇਸ਼ ਜ਼ਰੀਏ ਆਪਣੀ ਮਾਂ-ਭੂਮੀ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਲਈ ਅੱਗੇ ਆਉਣ।
ਉਹ ਸਥਾਨਕ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸ਼ੁਰੂ ਹੋਈ ਦੋ ਰੋਜ਼ਾ ਅੰਤਰਰਾਸ਼ਟਰੀ ਪ੍ਰਵਾਸੀ ਪੰਜਾਬੀ ਸਾਹਿਤ ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦਾ ਬਾਹਾਂ ਖੋਲ• ਕੇ ਨਿੱਘਾ ਸਵਾਗਤ ਹੈ ਅਤੇ ਉਨਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨਾ ਵਿਦੇਸ਼ਾਂ ਵਿੱਚ ਵੱਸਦੇ 2 ਕਰੋੜ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਕਰਨ, ਪੰਜਾਬ ਸਰਕਾਰ ਉਨਾ ਨੂੰ ਸਹੂਲਤਾਂ ਦੇਣ ਲਈ ਸਿੰਗਲ ਸਿਸਟਮ ਰਾਹੀਂ ਭ੍ਰਿਸ਼ਟਾਚਾਰ ਮੁਕਤ ਅਤੇ ਸਨਅਤਾਂ ਪੱਖੀ ਮਾਹੌਲ ਦੇਣ ਲਈ ਵਚਨਬੱਧ ਹੈ।
ਸ੍ਰ. ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਪ੍ਰਵਾਸੀ ਪੰਜਾਬੀ ਵਿਸ਼ੇਸ਼ ਤੌਰ ‘ਤੇ ਸੈਰ ਸਪਾਟਾ ਅਤੇ ਉਤਪਾਦਨ ਖੇਤਰ ਵਿੱਚ ਨਿਵੇਸ਼ ਕਰਕੇ ਸੂਬੇ ਅਤੇ ਆਪਣੇ ਵਿਕਾਸ ਲਈ ਨਵੇਂ ਦਰਵਾਜੇ ਖੋਲ• ਸਕਦੇ ਹਨ। ਪੰਜਾਬ, ਜਿਸ ਨੇ ਦੇਸ਼ ਵਿੱਚ ਹਰੀ ਅਤੇ ਚਿੱਟੀ ਕ੍ਰਾਂਤੀ ਲਿਆਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ, ਨੂੰ ਅੱਜ ਲੋੜ ਹੈ ਕਿ ਪ੍ਰਵਾਸੀ ਪੰਜਾਬੀ ਇਸ ਸੂਬੇ ਨੂੰ ਹੁਣ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਸਰਗਰਮ ਭੂਮਿਕਾ ਅਦਾ ਕਰਨ। ਉਨਾ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ‘ਤੇ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਅਣਦੇਖੀ ਕਰਨ ਅਤੇ ਸਮੱਸਿਆਵਾਂ ਦੇ ਹੱਲ ਨਾ ਕੱਢਣ ਦਾ ਦੋਸ਼ ਲਗਾਇਆ।
ਉਨਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਨਾਮ ‘ਤੇ ਕਿਸੇ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਵਿੱਚ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿਖੇ ‘ਪ੍ਰਵਾਸੀ ਸਾਹਿਤ ਅਧਿਐਨ ਕੇਂਦਰ’ ਸਥਾਪਤ ਕਰਨ ਲਈ 25 ਲੱਖ ਰੁਪਏ ਗਰਾਂਟ ਦੇਣ ਦਾ ਵੀ ਐਲਾਨ ਕੀਤਾ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੀ ਪੂਰੀ ਤਿਆਰੀ ਹੈ। ਉਮੀਦਵਾਰਾਂ ਨੂੰ ਪਾਰਟੀ ਟਿਕਟਾਂ ਹਲਕੇ ਦੇ ਵਿਧਾਇਕਾਂ ਦੀ ਸਲਾਹ ਮੁਤਾਬਿਕ ਹੀ ਦਿੱਤੀਆਂ ਜਾਣਗੀਆਂ। ਉਨਾਂ ਦਾਅਵੇ ਨਾਲ ਕਿਹਾ ਕਿ ਕਾਂਗਰਸ ਪਾਰਟੀ ਜਲੰਧਰ, ਪਟਿਆਲਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨਗਰ ਨਿਗਮ ਦੀ ਤਰਾਂ ਲੁਧਿਆਣਾ ਵਿੱਚ ਵੀ ਹੁੰਝਾਫੇਰ ਜਿੱਤ ਦਰਜ ਕਰੇਗੀ। ਉਨਾਂ ਕਿਹਾ ਕਿ ਲੋਕ ਲੁਧਿਆਣਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣਗੇ।
ਇਸ ਤੋਂ ਪਹਿਲਾਂ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉੱਪ ਕੁਲਪਤੀ ਡਾ. ਐੱਸ. ਪੀ. ਸਿੰਘ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਇਸ ਕਾਨਫਰੰਸ ਦੇ ਮੰਤਵ ਬਾਰੇ ਜਾਣਕਾਰੀ ਦਿੱਤੀ। ਕਾਨਫਰੰਸ ਦਾ ਉਦਘਾਟਨੀ ਭਾਸ਼ਣ ਪ੍ਰਸਿੱਧ ਨਾਵਲਕਾਰ ਅਤੇ ਪਦਮਸ਼੍ਰੀ ਡਾ. ਦਲੀਪ ਕੌਰ ਟਿਵਾਣਾ ਨੇ ਦਿੱਤਾ। ਡਾ. ਅੰਮ੍ਰਿਤਪਾਲ ਕੌਰ ਨੇ ਕੁੰਜੀਵਤ ਭਾਸ਼ਣ ਪੜਿ•ਆ। ਸਮਾਗਮ ਨੂੰ ਪ੍ਰਵਾਸੀ ਪੰਜਾਬੀ ਸ੍ਰੀ ਸੁੱਖੀ ਬਾਠ, ਡਾ. ਭੁਪਿੰਦਰ ਸਿੰਘ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਅਤੇ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਇਸ ਕਾਨਫਰੰਸ ਦਾ ਮੰਤਵ ਪ੍ਰਵਾਸੀ ਪੰਜਾਬੀ ਲੇਖਕਾਂ, ਵਿਦਵਾਨਾਂ ਅਤੇ ਆਲੋਚਕਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਕੇ ਪੰਜਾਬੀ ਸਾਹਿਤ ਦੇ ਵਿਕਾਸ ਲਈ ਉਪਰਾਲੇ ਕਰਨਾ ਹੈ। ਇਸ ਮੌਕੇ ਪੰਜਾਬੀ ਨਾਲ ਸੰਬੰਧਤ ਦੋ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ। ਸਮਾਗਮ ਦੌਰਾਨ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਸ੍ਰੀ ਸੰਜੀਵ ਤਲਵਾੜ (ਦੋਵੇਂ ਵਿਧਾਇਕ) ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਪੰਜਾਬੀ ਪ੍ਰੇਮੀ ਵੀ ਹਾਜ਼ਰ ਸਨ।