ਡਾਕਟਰ ਅਮਰ ਸਿੰਘ ਵੱਲੋਂ ਇਤਿਹਾਸਕ ਨਗਰ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਅੰਤਰਰਾਸ਼ਟਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਮੰਗ -ਸੰਸਦ ਮੈਂਬਰ ਵਜੋਂ ਪਹਿਲੀ ਵਾਰ ਕੀਤਾ ਸੰਬੋਧਨ

0
1273
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ
ਡਾਕਟਰ ਅਮਰ ਸਿੰਘ ਵੱਲੋਂ ਇਤਿਹਾਸਕ ਨਗਰ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਅੰਤਰਰਾਸ਼ਟਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਮੰਗ
-ਸੰਸਦ ਮੈਂਬਰ ਵਜੋਂ ਪਹਿਲੀ ਵਾਰ ਕੀਤਾ ਸੰਬੋਧਨ
ਲੁਧਿਆਣਾ, ੨ ਜੁਲਾਈ
ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਪਹਿਲੀ ਵਾਰ ਚੁਣ ਕੇ ਗਏ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਕੇਂਦਰ ਸਰਕਾਰ ਤੋਂ ਇਤਿਹਾਸਕ ਨਗਰ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਅੰਤਰਰਾਸ਼ਟਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਮੰਗ ਕੀਤੀ ਹੈ।
ਅੱਜ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਸੰਸਦ ਮੈਂਬਰ ਵਜੋਂ ਆਪਣਾ ਪਹਿਲਾ ਸਵਾਲ ਰੱਖਦਿਆਂ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਨਗਰ ਸਿੱਖ ਧਰਮ ਦੇ ਅਨੁਯਾਈਆਂ ਅਤੇ ਮਾਨਵਤਾ ਦੀ ਹਾਮੀ ਭਰਨ ਵਾਲੇ ਲੋਕਾਂ ਵਿੱਚ ਕਾਫ਼ੀ ਮਹੱਤਵਪੂਰਨ ਸਥਾਨ ਰੱਖਦਾ ਹੈ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਨਿੱਕੀ ਉਮਰੇ ਵੱਡੀ ਕੁਰਬਾਨੀ ਦੀ ਇਤਿਹਾਸਕਤਾ ਨੂੰ ਆਲਮੀ ਪੱਧਰ ਉੱਤੇ ਜਾਣੂ ਕਰਾਉਣ ਲਈ ਇਸ ਨਗਰ ਵਿੱਚ ਉੱਚ ਪੱਧਰ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਆਪਣੀ ਮੰਗ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਇਸ ਸਥਾਨ ਉੱਪਰ ਸਾਲਾਨਾ ਕਰੋੜਾਂ ਲੋਕ ਦਰਸ਼ਨ ਕਰਨ ਲਈ ਪੁੱਜਦੇ ਹਨ, ਜਿਸ ਕਾਰਨ ਇਸ ਨਗਰ ਨੂੰ ਬੁਨਿਆਦੀ ਤੌਰ ਉੱਪਰ ਵਿਕਸਤ ਕਰਨਾ ਸਮੇਂ ਦੀ ਵੱਡੀ ਲੋੜ ਹੈ।