ਪਲਾਸਟਿਕ ਫੈਕਟਰੀ ਘਟਨਾ ਦਾ- ਫੈਕਟਰੀ ਮਾਲਕ ਦੀ ਕਥਿਤ ਅਣਗਹਿਲੀ ਦੀ ਵੀ ਹੋਵੇਗੀ ਜਾਂਚ, ਦੋਸ਼ੀ ਪਾਏ ਜਾਨ ਤੇ ਮਿਲੇਗੀ ਕਾਨੂੰਨ ਮੁਤਾਬਿਕ ਸਖ਼ਤ ਸਜ਼ਾ’,ਰਵਨੀਤ ਸਿੰਘ ਬਿੱਟੂ ,

0
1431

ਲੁਧਿਆਣਾ, 21 ਨਵੰਬਰ (ਸੀ ਐਨ ਆਈ )-ਸਥਾਨਕ ਪਲਾਸਟਿਕ ਫੈਕਟਰੀ ਵਿੱਚ ਅੱਗ ਲੱਗਣ ਅਤੇ ਇਮਾਰਤ ਦੇ ਢਹਿ ਢੇਰੀ ਹੋਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਘਟਨਾ ਦੀ ਜਾਂਚ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਨੂੰ ਸੌਂਪੀ ਗਈ ਹੈ। ਜਾਂਚ ਦੌਰਾਨ ਜੋ ਵੀ ਦੋਸ਼ੀ ਸਾਹਮਣੇ ਆਵੇਗਾ, ਉਸ ਨੂੰ ਕਾਨੂੰਨ ਮੁਤਾਬਿਕ ਬਣਦੀ ਸਜ਼ਾ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਘਟਨਾ ਤੋਂ ਬਾਅਦ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੌਰੇ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਇਸ ਘਟਨਾ ਪਿੱਛੇ ਕਾਰਨਾਂ ਦੀ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆ ਰਿਹਾ ਹੈ ਕਿ ਇਸ ਫੈਕਟਰੀ ਦੇ ਮਾਲਕ ਵੱਲੋਂ ਕਥਿਤ ਤੌਰ ‘ਤੇ ਨਿਯਮਾਂ ਨੂੰ ਅੱਖੋਂ ਪਰੋਖੇ ਕਰਕੇ ਫੈਕਟਰੀ ਨੂੰ ਚਲਾਇਆ ਜਾ ਰਿਹਾ ਸੀ, ਜਿਸ ਦਾ ਖਮਿਆਜ਼ਾ ਆਮ ਲੋਕਾਂ ਅਤੇ ਫਾਇਰ ਮੁਲਾਜ਼ਮਾਂ ਨੂੰ ਆਪਣੀ ਜਾਨ ਤੋਂ ਹੱਥ ਧੋ ਕੇ ਭੁਗਤਣਾ ਪਿਆ ਹੈ।
ਉਨ•ਾਂ ਕਿਹਾ ਕਿ ਇਸ ਜਾਂਚ ਦੌਰਾਨ ਫੈਕਟਰੀ ਮਾਲਕ ਵੱਲੋਂ ਵਰਤੀ ਗਈ ਕਥਿਤ ਅਣਗਹਿਲੀ ਦੀ ਵੀ ਬਕਾਇਦਾ ਜਾਂਚ ਹੋਵੇਗੀ। ਇਸ ਤੋਂ ਇਲਾਵਾ ਜਿਹੜੇ ਵਿਭਾਗਾਂ ਵੱਲੋਂ ਫੈਕਟਰੀਆਂ ਦੀ ਕਾਰਜ ਕੁਸ਼ਲਤਾ ਅਤੇ ਕੰਮ ਕਰਨ ਦੇ ਤਰੀਕਿਆਂ ‘ਤੇ ਨਜ਼ਰ ਰੱਖਣੀ ਹੁੰਦੀ ਹੈ, ਉਨਾਂ ਦੀ ਵੀ ਬਕਾਇਦਾ ਜਾਂਚ ਕਰਵਾਈ ਜਾਵੇਗੀ। ਤਾਂ ਜੋ ਇਸ ਘਟਨਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ।