ਐੱਮ. ਡੀ. ਫੂਡਗ੍ਰੇਨ ਕਾਰਪੋਰੇਸ਼ਨ ਨੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

0
1794

-ਢੋਆ-ਢੁਆਈ ਲਈ ਟਰਾਂਸਪੋਰਟਰਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ
-ਸੁਚਾਰੂ ਖਰੀਦ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਲੁਧਿਆਣਾ, 30 ਮਾਰਚ (ਸੀ ਐਨ ਆਈ )-ਸਾਲ 2018-19 ਦੌਰਾਨ ਕਣਕ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਫੂਡਗ੍ਰੇਨ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਿਕਾਸ ਗਰਗ ਨੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜਿਲਾ ਪ੍ਰਸਾਸ਼ਨ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਊਨਾ ਖਰੀਦ ਕਾਰਜਾਂ ਸੰਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਸ੍ਰੀ ਗਰਗ ਨੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਕਣਕ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਯਤਨਸ਼ੀਲ ਹੈ। ਮੁੱਖ ਮੰਤਰੀ ਦੀ ਇੱਛਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਵੇਚਣ ਵਿੱਚ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ, ਪਾਣੀ, ਬਿਜਲੀ ਅਤੇ ਹੋਰ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਖਰੀਦ ਕਾਰਜਾਂ ਵਿੱਚ ਕਿਸੇ ਵੀ ਤਰਾਂ ਦੀ ਢਿੱਲਮੁੱਠ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਊਨਾ ਸਪੱਸ਼ਟ ਕੀਤਾ ਕਿ ਖਰੀਦ ਸੀਜ਼ਨ ਦੌਰਾਨ ਕਣਕ ਦੀ ਚੁਕਾਈ ਅਤੇ ਢੋਆ-ਢੋਆਈ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਚੁਕਾਈ ਅਤੇ ਢੋਆ-ਢੁਆਈ ਸੰਬੰਧੀ ਟੈਂਡਰ ਪ੍ਰਕਿਰਿਆ ਜਾਰੀ ਹੈ, ਜੇਕਰ ਕੁਝ ਟਰਾਂਸਪੋਰਟ ਸਮੂਹਾਂ ਵੱਲੋਂ ਇਸ ਵਿੱਚ ਬਣਦਾ ਸਹਿਯੋਗ ਨਹੀਂ ਦਿੱਤਾ ਜਾਵੇਗਾ ਤਾਂ ਵੀ ਸਰਕਾਰ ਵੱਲੋਂ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਊਨਾ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੀ ਟੈਂਡਰ ਪ੍ਰਕਿਰਿਆ ਵਿੱਚ ਪੰਜਾਬ ਸਰਕਾਰ ਅਤੇ ਕਿਸਾਨਾਂ ਦਾ ਪੂਰਨ ਸਹਿਯੋਗ ਕਰਨ। ਜੋ ਟਰਾਂਸਪੋਰਟਰ ਪੰਜਾਬ ਸਰਕਾਰ ਦੀ ਹਦਾਇਤ ਮੁਤਾਬਿਕ ਢੋਆ-ਢੁਆਈ ਦਾ ਕੰਮ ਕਰਨਗੇ, ਊਨਾ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਖਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰਾਂ ਦੀ ਕਮੀ ਨਾ ਰਹਿ ਸਕੇ। ਢੋਆ-ਢੁਆਈ ਦਾ ਕੰਮ ਕਰਨ ਵਾਲੇ ਟਰਾਂਸਪੋਰਟਰਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਮੁਤਾਬਿਕ ਅਦਾਇਗੀ ਕੀਤੀ ਜਾਵੇਗੀ।
ਇਸ ਮੌਕੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੀਆਂ ਸਾਰੀਆਂ ਮੰਡੀਆਂ ਵਿੱਚ 8.67 ਲੱਖ ਮੀਟਰਕ ਟਨ ਕਣਕ ਦੀ ਖਰੀਦ ਹੋਣ ਦਾ ਅੰਦਾਜ਼ਾ ਹੈ, ਜਿਸ ਲਈ ਜਿਲਾ ਪ੍ਰਸਾਸ਼ਨ ਵੱਲੋਂ ਅਗਾਉੂਂ ਪ੍ਰਬੰਧ ਲਗਭਗ ਮੁਕੰਮਲ ਕਰ ਲਏ ਗਏ ਹਨ। ਜਿਲਾ ਲੁਧਿਆਣਾ ਵਿੱਚ ਕਣਕ ਦੀ ਖਰੀਦ 104 ਮੰਡੀਆਂ ਵਿੱਚ ਕੀਤੀ ਜਾਵੇਗੀ। ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ, ਪਾਣੀ, ਬਿਜਲੀ ਅਤੇ ਹੋਰ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ।
ਊਨਾ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਵੇਚ ਵਿੱਚ ਕਿਸੇ ਵੀ ਤਰਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਖਰੀਦ ਕਾਰਜਾਂ ਵਿੱਚ ਲੱਗੇ ਕਿਸੇ ਵੀ ਅਧਿਕਾਰੀ ਨੂੰ ਕਿਸੇ ਵੀ ਵੇਲੇ ਪਹੁੰਚ ਕਰ ਸਕਦਾ ਹੈ। ਇਸ ਲਈ ਹਰੇਕ ਮੰਡੀ ਦੇ ਬਾਹਰ ਸੰਬੰਧਤ ਐੱਸ. ਡੀ. ਐੱਮ., ਜਿਲਾ ਮੰਡੀ ਅਫ਼ਸਰ, ਮੰਡੀ ਇੰਸਪੈਕਟਰ, ਮਾਰਕੀਟ ਕਮੇਟੀ ਦੇ ਸਕੱਤਰ, ਏਜੰਸੀ ਇੰਚਾਰਜ, ਸੁਪਰਵਾਈਜ਼ਰ ਅਤੇ ਆਕਸ਼ਨ ਰਿਕਾਰਡਰ ਦੇ ਨਾਮ ਅਤੇ ਨੰਬਰ ਬੈਨਰ ‘ਤੇ ਛਪਵਾ ਕੇ ਲਗਾਏ ਜਾਣਗੇ। ਊਨਾ ਕਿਹਾ ਕਿ ਸਾਰੇ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੀਆਂ ਮੰਡੀਆਂ ਦਾ ਖੁਦ ਦੌਰਾ ਕਰਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਤਹਿਤ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ, ਪੰਜਾਬ ਐਗਰੋ ਅਤੇ ਐੱਫ. ਸੀ. ਆਈ. ਵੱਲੋਂ ਵੰਡ ਦੇ ਮੁਤਾਬਿਕ ਕਣਕ ਦੀ ਖਰੀਦ ਕੀਤੀ ਜਾਵੇਗੀ। ਜਿਲੇ ਦੀਆਂ ਸਾਰੀਆਂ 104 ਮੰਡੀਆਂ ਵਿੱਚ ਲੋੜੀਂਦੇ ਸਟਾਫ਼ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਕਰੇਟ, ਕਵਰ ਅਤੇ ਹੋਰ ਸਮੱਗਰੀ ਸਾਰੀਆਂ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੈ। ਤਕਰੀਬਨ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਸ੍ਰੀ ਵਿਕਾਸ ਗਰਗ ਨੂੰ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਸੁਚਾਰੂ ਖਰੀਦ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਸ੍ਰੀ ਆਰ. ਐੱਨ. ਢੋਕੇ, ਸ੍ਰ. ਨਵਜੋਤ ਸਿੰਘ ਮਾਹਲ ਜਿਲਾ ਪੁਲਿਸ ਮੁਖੀ ਖੰਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਦੋਵੇਂ ਜਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ, ਸੀਨੀਅਰ ਪੁਲਿਸ ਅਧਿਕਾਰੀ ਆਦਿ ਹਾਜ਼ਰ ਸਨ।