ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ, ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਡਿਪਟੀ ਕਮਿਸ਼ਨਰ,

0
2140

ਲੁਧਿਆਣਾ, 30 ਜਨਵਰੀ (ਸੀ ਐਨ ਆਈ )-ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜਿੱਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਜਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਸਟਾਫ਼ ਅਤੇ ਆਮ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ, ਜਿੰਨਾ  ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਿਹਾ ਹੈ। ਉਹਨਾਂ   ਜਿੱਲ੍ਹਾ ਪ੍ਰਸਾਸ਼ਨ ਵੱਲੋਂ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ ਅਤੇ ਜਿੱਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ, ਐੱਸ. ਡੀ. ਐੱਮ. (ਪੱਛਮੀ) ਸ੍ਰ. ਦਮਨਜੀਤ ਸਿੰਘ ਮਾਨ, ਐੱਸ. ਡੀ. ਐੱਮ. (ਪੂਰਬੀ) ਸ੍ਰ. ਅਮਰਜੀਤ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਸ੍ਰ. ਅਮਰਿੰਦਰ ਸਿੰਘ ਮੱਲੀ  ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।