ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ ਮਿਲੇਗੀ 5000 ਰੁਪਏ ਦੀ ਵਿੱਤੀ ਸਹਾਇਤਾ, ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਦੀ ਸ਼ੁਰੂਆਤ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 3 ਅਤੇ 10 ਜਨਵਰੀ ਨੂੰ ਔਰਤਾਂ ਨੂੰ ਕੀਤਾ ਜਾਵੇਗਾ ਜਾਗਰੂਕ -ਵਧੀਕ ਡਿਪਟੀ ਕਮਿਸ਼ਨਰ,

0
1601

ਲੁਧਿਆਣਾ, 2 ਜਨਵਰੀ (ਸੀ ਐਨ ਆਈ )-ਭਾਰਤ ਸਰਕਾਰ ਵੱਲੋਂ ਪਹਿਲੀ ਜਨਵਰੀ, 2018 ਤੋਂ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਲਾਗੂ ਕਰ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਪਹਿਲੀ ਵਾਰ ਮਾਂ ਬਣੀਆਂ ਜਾਂ ਬਣ ਰਹੀਆਂ ਔਰਤਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਯੋਜਨਾ ਬਾਰੇ ਵੱਧ ਤੋਂ ਵੱਧ ਔਰਤਾਂ ਨੂੰ ਜਾਣੂ ਕਰਾਉਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਹਰੇਕ ਪਿੰਡ ਵਿੱਚ ਮਿਤੀ 3 ਅਤੇ 10 ਜਨਵਰੀ, 2018 ਨੂੰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸ ਯੋਜਨਾ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ ਅਤੇ ਜਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਗਰਭਵਤੀ ਔਰਤਾਂ ਨੂੰ ਆਪਣੇ ਨੇੜੇ ਦੇ ਆਂਗਣਵਾੜੀ ਕੇਂਦਰ ਵਿਖੇ ਆਖਰੀ ਮਾਂਹਵਾਰੀ ਤਰੀਕ ਤੋਂ 150 ਦਿਨਾਂ ਦੇ ਅੰਦਰ-ਅੰਦਰ ਪੰਜੀਕਰਨ ਅਤੇ ਨੇੜਲੇ ਸਿਹਤ ਕੇਂਦਰ ਤੋਂ ‘ਮਾਂ-ਬੱਚਾ ਸਿਹਤ ਕਾਰਡ’ ਜਾਰੀ ਕਰਾਉਣਾ ਜ਼ਰੂਰੀ ਹੋਵੇਗਾ।

ਮਾਂ ਬਣਨ ਵਾਲੀਆਂ ਰਜਿਸਟਰਡ ਔਰਤਾਂ ਨੂੰ 1000 ਰੁਪਏ ਦੀ ਪਹਿਲੀ ਕਿਸ਼ਤ ਗਰਭ ਰਜਿਸਟਰ ਕਰਾਉਣ ‘ਤੇ, 2000 ਰੁਪਏ ਦੀ ਦੂਜੀ ਕਿਸ਼ਤ ਗਰਭ ਦੇ 6 ਮਹੀਨੇ ਦੇ ਪੂਰਬ ਚੈੱਕ ਅੱਪ ‘ਤੇ ਅਤੇ 2000 ਰੁਪਏ ਦੀ ਤੀਜੀ ਕਿਸ਼ਤ ਬੱਚੇ ਦੇ ਪਹਿਲੇ ਗੇੜ ਦੇ ਟੀਕਾਕਰਨ ਪੂਰਾ ਹੋਣ ‘ਤੇ ਮਿਲੇਗੀ। ਜਨਵਰੀ 1, 2017 ਤੋਂ ਬਾਅਦ ਪਹਿਲੀ ਵਾਰ ਮਾਂ ਬਣ ਚੁੱਕੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਹ ਲਾਭ ਕੇਵਲ ਪਹਿਲੇ ਬੱਚੇ ਦੇ ਜਣੇਪੇ ‘ਤੇ ਉਸ ਔਰਤ ਨੂੰ ਮਿਲੇਗਾ, ਜਿਸ ਦਾ ਆਪਣੇ ਨਾਮ ‘ਤੇ ਸਿੰਗਲ ਬੈਂਕ ਖ਼ਾਤਾ ਹੋਵੇਗਾ।
ਊਨਾ ਸਪੱਸ਼ਟ ਕੀਤਾ ਕਿ ਇਹ ਲਾਭ ਸਰਕਾਰ ਦੇ ਕਿਸੇ ਵੀ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੋਂ ਵੱਖਰਾ ਹੋਵੇਗਾ। ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਗਰਭਵਤੀਆਂ ਦਿਵਾਉਣ ਲਈ ਪਿੰਡ ਪੱਧਰੀ ਹੈੱਲਥ, ਸੈਨੀਟੇਸ਼ਨ ਐਂਡ ਨਿਊਟਰੀਸ਼ਨ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਿਤੀ 3 ਜਨਵਰੀ ਅਤੇ 10 ਜਨਵਰੀ ਨੂੰ ਹਰੇਕ ਪਿੰਡ ਵਿੱਚ ਗਰਭਵਤੀ ਔਰਤਾਂ ਅਤੇ ਹੋਰ ਸੰਬੰਧਤ ਲੋਕਾਂ ਨਾਲ ਮੀਟਿੰਗਾਂ ਕਰਕੇ ਊਨਾ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰਨ।