ਪੀ.ਏ.ਯੂ. ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਤਰੀਕਿਆਂ ਸੰਬੰਧੀ ਸਿਖਲਾਈ ਦਿੱਤੀ

0
1955

ਲੁਧਿਆਣਾ, 4 ਸਤੰਬਰ (000) – ਪੰਜਾਬ ਵਿੱਚ ਪਰਾਲੀ ਸਾੜਨ ਦੇ ਰੁਝਾਨ ਤੋਂ ਹਰ ਕੋਈ ਚਿੰਤਤ ਹੈ ਅਤੇ ਗੈਰ-ਸਰਕਾਰੀ ਸੰਸਥਾਵਾਂ ਵੀ ਇਸ ਮਸਲੇ ਸੰਬੰਧੀ ਆਪਣਾ ਯੋਗਦਾਨ ਪਾ ਰਹੀਆਂ ਹਨ ।
ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਰਹਿਨੁਮਾਈ ਵਿੱਚ ਆਈ ਪੀ ਐਸ ਫਾਊਡੇਸ਼ਨ ਦੇ ਸਹਿਯੋਗ ਨਾਲ ਆਉਂਦੇ ਸਮੇਂ ਝੋਨੇ ਦੀ ਵਢਾਈ ਤੋਂ ਬਾਅਦ ਪਰਾਲੀ ਦੀ ਸਾਂਭ-ਸੰਭਾਲ ਦੇ ਤਰੀਕਿਆਂ ਦੀ ਸਿਖਲਾਈ ਕਿਸਾਨਾਂ ਨੂੰ ਦਿੱਤੀ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਇੱਕ ਦਿਨਾਂ ਸਿਖਲਾਈ ਵਿੱਚ 74 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਮਹੇਸ਼ ਕੁਮਾਰ ਨਾਰੰਗ, ਡਾ. ਮਨਪ੍ਰੀਤ ਸਿੰਘ ਅਤੇ ਡਾ. ਬਲਦੇਵ ਡੋਗਰਾ ਨੇ ਪੀ.ਏ.ਯੂ. ਦੀਆਂ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਸਿਫ਼ਾਰਸ਼ਾਂ ਅਤੇ ਮਸ਼ੀਨਰੀ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਇਆ । ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਜਾਂ ਖੇਤ ਤੋਂ ਬਾਹਰ ਸੰਭਾਲ ਕੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਮਿੱਟੀ ਦੇ ਜੈਵਿਕ ਤੱਤਾਂ ਦੀ ਰਾਖੀ ਦਾ ਸੁਨੇਹਾ ਦਿੰਦਿਆਂ ਪੀ.ਏ.ਯੂ. ਮਾਹਿਰਾਂ ਨੇ ਇਸ ਨੂੰ ਵਰਤਮਾਨ ਦੀ ਲੋੜ ਕਿਹਾ ।
ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਸਾਨਾਂ ਨੂੰ ਸਹਿਕਾਰੀ ਖੇਤੀ ਅਪਨਾ ਕੇ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਦੀ ਸੰਭਾਲ ਲਈ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਤੇ ਅਮਲ ਕਰਨ ਲਈ ਕਿਹਾ । ਉਹਨਾਂ ਕਿਸਾਨਾਂ ਨੂੰ ਕਿਸਾਨ ਮੇਲਿਆਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ।
ਕਿਸਾਨਾਂ ਨੇ ਪਰਾਲੀ ਦੀ ਸੰਭਾਲ ਵਿੱਚ ਆਉਂਦੀਆਂ ਮੁਸ਼ਕਿਲਾਂ ਮਾਹਿਰਾਂ ਨਾਲ ਸਾਂਝੀਆਂ ਕੀਤੀਆਂ ਅਤੇ ਮਾਹਿਰਾਂ ਨੇ ਇਨ੍ਹਾਂ ਮੁਸ਼ਕਿਲਾਂ ਦੇ ਢੁੱਕਵੇਂ ਹੱਲ ਕਿਸਾਨਾਂ ਨਾਲ ਸਾਂਝੇ ਕੀਤੇ ।
ਡਾ. ਰੁਪਿੰਦਰ ਕੌਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਇਸ ਸਿਖਲਾਈ ਦੇ ਲਾਭ ਆਪਣੇ ਆਸ ਪਾਸ ਦੇ ਕਿਸਾਨਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ । ਇਸ ਮੌਕੇ ਆਈ ਪੀ ਐਸ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਿਤੇਸ਼ ਭਾਟੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।