ਪੰਜਾਬ ਸੇਵਾ ਅਧਿਕਾਰ ਐਕਟ ਤਹਿਤ ਰਾਜ ’ਚ 4.65 ਕਰੋੜ ਤੋਂ ਵੱਧ ਵਿਅਕਤੀਆਂ ਨੂੰ ਨਿਰਧਾਰਤ ਸਮੇਂ ਅੰਦਰ ਪ੍ਰਸ਼ਾਸ਼ਨਿਕ ਸੇਵਾਵਾਂ ਪ੍ਰਦਾਨ: ਡਾ. ਵੇਰਕਾ

0
1342

ਪਟਿਆਲਾ- (ਧਰਮਵੀਰ ਨਾਗਪਾਲ) ਰਾਜ ਦੇ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ, ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਪੰਜਾਬ ਸੇਵਾ ਅਧਿਕਾਰ ਐਕਟ-2011 ਦੇ ਤਹਿਤ ਰਾਜ ਅੰਦਰ ਮਈ 2015 ਤੱਕ 4 ਕਰੋੜ 65 ਲੱਖ ਤੋਂ ਵੱਧ ਵਿਅਕਤੀਆਂ ਨੂੰ ਵੱਖ-ਵੱਖ ਸੇਵਾਵਾਂ ਨਿਰਧਾਰਤ ਸਮੇਂ ਅੰਦਰ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।’’ ਇਹ ਜਾਣਕਾਰੀ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਡਾ. ਦਲਬੀਰ ਸਿੰਘ ਵੇਰਕਾ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਐਕਟ ਬਾਰੇ ਅਧਿਕਾਰੀਆਂ ਨੂੰ ਜਾਣਕਾਰੀ ਦੇਣ, ਉਪਬੰਧਾਂ ਨੂੰ ਸਫ਼ਲਤਾ ਨਾਲ ਲਾਗੂ ਕਰਨ ਅਤੇ ਵਿਭਾਗਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਡਾ. ਵੇਰਕਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਇਸ ਐਕਟ ਤਹਿਤ 149 ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਸਨ ਅਤੇ ਪੰਜਾਬ ਪ੍ਰਸ਼ਾਸਕੀ ਸੁਧਾਰ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਆਧਾਰ ’ਤੇ ਮਾਰਚ 2015 ਦੀ ਨਵੀਂ ਨੋਟੀਫਿਕੇਸ਼ਨ ਮੁਤਾਬਕ ਰਾਜ ਦੇ ਨਾਗਰਿਕਾਂ ਨੂੰ 24 ਵੱਖ-ਵੱਖ ਵਿਭਾਗਾਂ ਦੀਆਂ 206 ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਣ ਲੱਗ ਪਿਆ ਹੈ। ਉਨ•ਾਂ ਦੱਸਿਆ ਕਿ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸਰਕਾਰ ਵੱਲੋਂ ਈ-ਗਵਰਨੈਂਸ ਦੇ ਖੇਤਰ ’ਚ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਉਣ ਲਈ ਕਮਿਸ਼ਨ ਵੱਲੋਂ ਅਨੇਕਾਂ ਸਿਖਲਾਈ ਪ੍ਰੋਗਰਾਮ ਵੀ ਕਰਵਾਏ ਜਾ ਚੁੱਕੇ ਹਨ।
ਡਾ. ਵੇਰਕਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਐਕਟ ਤਹਿਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਅਮਲ ਨੂੰ ਯਕੀਨੀ ਬਣਾਉਣ ਹਿੱਤ ਵਿਭਾਗਾਂ ਦੀ ਕਾਰਜਸ਼ੈਲੀ ’ਤੇ ਲਗਾਤਾਰ ਨਜ਼ਰ ਰੱਖੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਸੇਵਾਵਾਂ ਮੁਹੱਈਆ ਕਰਵਾਉਣ ’ਚ ਲਾਪਰਵਾਹੀ ਵਰਤਣ ਵਾਲੇ 66 ਅਧਿਕਾਰੀਆਂ/ਕਰਮਚਾਰੀਆਂ ਨੂੰ ਕਮਿਸ਼ਨ ਵੱਲੋਂ ਜੁਰਮਾਨੇ ਲਗਾਏ ਜਾ ਚੁੱਕੇ ਹਨ। ਡਾ. ਵੇਰਕਾ ਨੇ ਦੱਸਿਆ ਕਿ ਐਕਟ ਦੀ ਧਾਰਾ 9 ਅਧੀਨ ਸੇਵਾਵਾਂ ਮੁਹੱਈਆ ਕਰਵਾਉਣ ’ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 10 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲਗਾਏ ਜਾਣ ਦੀ ਵਿਵਸਥਾ ਹੈ। ਉਨ•ਾਂ ਦੱਸਿਆ ਕਿ ਸੁਵਿਧਾ ਕੇਂਦਰਾਂ, ਸਾਂਝ ਕੇਂਦਰਾਂ ਅਤੇ ਫਰਦ ਕੇਂਦਰਾਂ ’ਚ ਅਰਜ਼ੀ ਦਾਖਲ ਹੋਣ ਦੇ ਸਮੇਂ ਤੋਂ ਬਾਅਦ ਅਰਜ਼ੀ ਦਾ ਨਿਪਟਾਰਾ ਕਰਨ ਅਤੇ ਬਕਾਇਆ ਮਾਮਲਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਰਾਹੀਂ ਅਪਲੋਡ ਕੀਤੀਆਂ ਜਾਣ ਵਾਲੀਆਂ ਮਾਸਿਕ ਐਮ.ਆਈ.ਐਸ ਰਿਪੋਰਟਾਂ ਤੇ ਅਪੀਲਾਂ ਦੀ ਕਮਿਸ਼ਨ ਵੱਲੋਂ ਆਨਲਾਈਨ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ।
ਮੀਟਿੰਗ ਦੌਰਾਨ ਮੇਅਰ ਸ. ਅਮਰਿੰਦਰ ਸਿੰਘ ਬਜਾਜ, ਚੇਅਰਮੈਨ ਜ਼ਿਲ•ਾ ਪਰਿਸ਼ਦ ਸ. ਜਸਪਾਲ ਸਿੰਘ ਕਲਿਆਣ, ਡਿਪਟੀ ਕਮਿਸ਼ਨਰ ਸ਼੍ਰੀਮਤੀ ਇੰਦੂ ਮਲਹੋਤਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਮੋਹਿੰਦਰਪਾਲ, ਐਸ.ਪੀ ਸ਼੍ਰੀ ਸ਼ਰਨਜੀਤ ਸਿੰਘ ਢਿੱਲੋਂ, ਐਸ.ਡੀ.ਐਮ ਪਟਿਆਲਾ ਸ਼੍ਰੀ ਗੁਰਪਾਲ ਸਿੰਘ ਚਹਿਲ, ਐਸ.ਡੀ.ਐਮ ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਐਸ.ਡੀ.ਐਮ ਪਾਤੜਾਂ ਸ਼੍ਰੀ ਗੁਰਿੰਦਰਪਾਲ ਸਿੰਘ ਸਹੋਤਾ, ਐਸ.ਡੀ.ਐਮ ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ, ਐਸ.ਡੀ.ਐਮ ਨਾਭਾ ਸ਼੍ਰੀਮਤੀ ਅਮਰਬੀਰ ਕੌਰ ਭੁੱਲਰ ਤੋਂ ਇਲਾਵਾ ਕੌਂਸਲਰ, ਅਧਿਕਾਰੀ ਤੇ ਹੋਰ ਆਗੂ ਵੀ ਹਾਜ਼ਰ ਸਨ।
ਇਸ ਉਪਰੰਤ ਕਮਿਸ਼ਨਰ ਡਾ. ਦਲਬੀਰ ਸਿੰਘ ਵੇਰਕਾ ਵੱਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸਥਿਤ ਸੁਵਿਧਾ ਕੇਂਦਰ ਦਾ ਦੌਰਾ ਕਰਕੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਮੌਕੇ ’ਤੇ ਹੀ ਲੋਕਾਂ ਨਾਲ ਗੱਲਬਾਤ ਵੀ ਕੀਤੀ।