ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਿੱਧੂ ਨੇ ਲਿਆ ਨਵਾਂ ਫੈਸਲਾ

0
1616

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭ੍ਰਿਸ਼ਟਾਚਾਰ ਖਿਲਾਫ ਆਮ ਆਦਮੀ ਦੇ ਹੱਕ ਵਿੱਚ ਚੰਗਾ ਫੈਸਲਾ ਕੀਤਾ ਹੈ। ਹੁਣ ਘਰ ਬੈਠੇ ਹੀ ਇਮਾਰਤਾਂ ਦੇ ਨਕਸ਼ੇ ਆਨਲਾਈਨ ਪਾਸ ਹੋਣਗੇ। ਇੰਨਾਂ ਹੀ ਨਹੀਂ ਜੇਕਰ ਕਿਸੇ ਸ਼ਹਿਰੀ ਵੱਲੋਂ ਇਮਾਰਤ ਦਾ ਨਕਸ਼ਾ ਪਾਸ ਕਰਨ ਲਈ ਕੀਤੇ ਆਨਲਾਈਨ ਬਿਨੈ ਦਾ 30 ਦਿਨਾਂ ਦੇ ਅੰਦਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਇਹ ਨਕਸ਼ਾ ਆਪਣੇ ਆਪ ਪਾਸ ਸਮਝਿਆ ਜਾਵੇਗਾ। ਇਸਦੇ ਨਾਲ ਹੀ ਆਨਲਾਈਨ ਨਕਸ਼ੇ ਪਾਸ ਕਰਨ ਲਈ ਸਿਰਫ਼ ਰਜਿਸਟਰਡ ਆਰਕੀਟੈਕਟਾਂ ਨੂੰ ਹੀ ਮਾਨਤਾ ਦਿੱਤੀ ਜਾਵੇਗੀ।

ਸਿੱਧੂ ਨੇ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ 8 ਵੱਡੇ ਨਗਰ ਨਿਗਮ ਸ਼ਹਿਰਾਂ ਵਿੱਚ ਇਹ ਯੋਜਨਾ ਇਸੇ ਮਹੀਨੇ ਲਾਗੂ ਹੋਵੇਗੀ। ਮੰਤਰੀ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ 8 ਨਗਰ ਨਿਗਮ ਸ਼ਹਿਰਾਂ ਦੇ ਕਮਿਸ਼ਨਰਾਂ, ਇਸ ਪ੍ਰਾਜੈਕਟ ਨੂੰ ਚਲਾਉਣ ਵਾਲੀਆਂ ਚਾਰ ਕੰਸਲਟੈਂਟ ਕੰਪਨੀਆਂ ਦੇ ਨੁਮਾਇੰਦਿਆਂ, ਟਾਊਨ ਪਲਾਨਰਾਂ ਤੇ ਆਰਕੀਟੈਕਟਾਂ ਨਾਲ ਮੀਟਿੰਗ ਕੀਤੀ।

ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਅਤੇ ਸੁਖਾਲੀਆ ਸੇਵਾਵਾਂ ਦੇਣ ਲਈ ਈ-ਗਵਰਨੈਂਸ ਸਭ ਤੋਂ ਵਧੀਆ ਸਾਧਨ ਹੈ। ਵਿਭਾਗ ਵੱਲੋਂ ਪਹਿਲੇ ਪੜਾਅ ਵਿੱਚ ਅੱਠ ਵੱਡੇ ਨਗਰ ਨਿਗਮ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ, ਮੋਗਾ, ਫਗਵਾੜਾ ਤੇ ਪਠਾਨਕੋਟ ਵਿੱਚ ਇਸੇ ਮਹੀਨੇ ਤੋਂ ਇਮਾਰਤਾਂ ਦੇ ਨਕਸ਼ੇ ਆਨਲਾਈਨ ਪਾਸ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅੱਠ ਸ਼ਹਿਰਾਂ ਲਈ ਚਾਰ ਨਾਮੀਂ ਕੰਪਨੀਆਂ ਵਿਨਸਾਸ, ਟੀਸੀਐਸ., ਸੌਫਟਟੈੱਕ ਤੇ ਟੈੱਕਮਹਿੰਦਰਾ ਨੂੰ ਚੁਣਿਆ ਗਿਆ ਹੈ, ਜਿਹੜੀਆਂ ਮੁਫ਼ਤ ਵਿੱਚ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨਗੀਆਂ।