ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਧਮਾਕੇ ਕਾਰਨ ਢਹਿ-ਢੇਰੀ ਹੋਈ ਫੈਕਟਰੀ ਵਾਲੀ ਥਾਂ ਦਾ ਦੌਰਾ , ਹਾਦਸੇ ਵਿੱਚ ਮਾਰੇ ਗਏ ਚਾਰ ਫਾਇਰਮੈਨਾਂ ਅਤੇ ਇਕ ਸੈਨੇਟਰੀ ਇੰਸਪੈਕਟਰ ਨੂੰ 10-10 ਲੱਖ ਰੁਪਏ ਦਿੱਤੇ ਜਾਣਗੇ,

0
1494

ਲੁਧਿਆਣਾ, 21 ਨਵੰਬਰ (ਸੀ ਐਨ ਆਈ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਫੈਕਟਰੀ ਦੇ ਢਹਿ ਢੇਰੀ ਹੋ ਜਾਣ ਨਾਲ ਹੋਏ ਜਾਨੀ ਨੁਕਸਾਨ ਦੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਕੈਮੀਕਲ ਨੂੰ ਸਟੋਰ ਕਰਕੇ ਫੈਕਟਰੀ ਦੇ ਮਾਲਕ ਨੇ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ।
ਅੱਜ ਇੱਥੇ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਰਾਹਤ ਅਤੇ ਬਚਾਊ ਕਾਰਵਾਈਆਂ ਦੀ ਜਾਣਕਾਰੀ ਹਾਸਲ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਾਣ ਨਿਯਮਾਂ ਸਬੰਧੀ ਉਲੰਘਣਾ ਦਾ ਵੀ ਜਾਂਚ ਦੌਰਾਨ ਪਤਾ ਲਾਇਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਿਲਾ ਅਥਾਰਟੀ ਨੂੰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਉਨਾਂ ਕਿਹਾ ਕਿ ਮਲਬੇ ਹੇਠ ਅਜੇ ਵੀ ਦੱਬੇ ਹੋਏ ਵਿਅਕਤੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੇ ਜਾਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਥਾਨਕ ਸੰਸਥਾਵਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਵਿਧਾਇਕ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਸੰਜੇ ਤਲਵਾੜ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਮੁੱਖ ਮੰਤਰੀ ਦੇ ਪ੍ਰਚਾਰ ਸਕੱਤਰ ਵਿਮਲ ਸੁੰਬਲੀ, ਨਗਰ ਨਿਗਮ ਕਮਿਸ਼ਨਰ ਜਸਕਿਰਨ ਸਿੰਘ, ਅਮਰਜੀਤ ਸਿੰਘ ਟਿੱਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਸਨ।
ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ, ਜੋ ਕਿ ਅੱਗ ਲੱਗਣ ਤੋਂ ਬਾਅਦ ਇਕ ਧਮਾਕਾ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਮਾਰੇ ਗਏ ਚਾਰ ਫਾਇਰਮੈਨਾਂ ਅਤੇ ਇਕ ਸੈਨੇਟਰੀ ਇੰਸਪੈਕਟਰ ਨੂੰ 10-10 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ ਦਿੱਤੇ ਜਾਣਗੇ। ਇਸ ਵਿੱਚ ਸੂਬਾ ਸਰਕਾਰ ਅਤੇ ਮਿਊਂਸਪਲ ਕਾਰਪੋਰੇਸ਼ਨ ਵੱਲੋਂ 50-50 ਫੀਸਦੀ ਦਾ ਯੋਗਦਾਨ ਪਾਇਆ ਜਾਵੇਗਾ। ਇਸ ਦੇ ਨਾਲ ਹੀ ਤਰਸ ਦੇ ਆਧਾਰ ‘ਤੇ ਹਰੇਕ ਪਰਿਵਾਰ ਨੂੰ ਇਕ-ਇਕ ਨੌਕਰੀ ਵੀ ਦਿੱਤੀ ਜਾਵੇਗੀ। ਇਸ ਘਟਨਾ ਵਿੱਚ ਪੰਜ ਆਮ ਨਾਗਰਿਕ ਵੀ ਮਾਰੇ ਗਏ ਹਨ। ਉਨਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਹਾਦਸੇ ਦੇ ਸਬੰਧ ਵਿੱਚ ਅਣਗਿਹਲੀ ਵਰਤਣ ਵਾਲੇ ਹਰੇਕ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅੱਗ ਬੁਝਾਊ ਸੇਵਾਵਾਂ ਪੁਖਤਾ ਨਹੀਂ ਹਨ, ਜੋ ਸਰਕਾਰ ਦੇ ਧਿਆਨ ਵਿੱਚ ਹੈ, ਅਤੇ ਇਨਾ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਇਸ ਸਾਲ ਡਾਇਰੈਕਟੋਰੇਟ ਆਫ ਫਾਇਰ ਸਰਵਿਸਿਜ਼ ਦੀ ਸਥਾਪਨਾ ਕੀਤੀ ਹੈ ਅਤੇ 69 ਅੱਗ ਬੁਝਾਊ ਗੱਡੀਆਂ ਖਰੀਦ ਕੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ 27 ਹੋਰ ਅੱਗ ਬੁਝਾਊ ਗੱਡੀਆਂ ਖਰੀਦੀਆਂ ਜਾ ਰਹੀਆਂ, ਜੋ ਦਸੰਬਰ ਤੱਕ ਪਹੁੰਚ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵਾਂ ਫਾਇਰ ਸੇਫਟੀ ਐਕਟ ਬਣਾਇਆ ਜਾ ਰਿਹਾ ਹੈ, ਜੋ ਦਸੰਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਡਾਇਰੈਕਟੋਰੇਟ ਆਫ ਫਾਇਰ ਸਰਵਿਸਿਜ਼ ਅਤੇ ਨਵੇਂ ਐਕਟ ਨਾਲ ਅਣਅਧਿਕਾਰਤ ਇਮਾਰਤਾਂ ਅਤੇ ਅੱਗ ਦੀ ਰੋਕਥਾਮ ਲਈ ਲੋੜੀਂਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਕਾਬੂ ਪਾਇਆ ਜਾ ਸਕੇਗਾ। ਉਨਾਂ ਕਿਹਾ ਕਿ ਫਾਇਰ ਸਟੇਸ਼ਨਾਂ ਲਈ ਢੁਕਵਾਂ ਸਾਜ਼ੋ-ਸਾਮਾਨ ਫਾਇਰ ਡਾਇਰੈਕਟੋਰੇਟ ਅਧੀਨ ਮੁਹੱਈਆ ਹੋਵੇਗਾ ਜਿਸ ਦੀ ਅਗਵਾਈ ਆਈ.ਪੀ.ਐਸ. ਅਧਿਕਾਰੀ ਕਰੇਗਾ।
ਇਸ ਤੋਂ ਪਹਿਲਾਂ ਹੈਲੀਪੈਡ ‘ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਕਮਿਸ਼ਨਰ ਆਫ਼ ਪੁਲੀਸ ਸ੍ਰੀ ਆਰ. ਐੱਨ. ਢੋਕੇ ਨੇ ਮੁੱਖ ਮੰਤਰੀ ਨੂੰ ਸੁਮੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੁਖਦਾਇਕ ਘਟਨਾ ਵਿੱਚ ਮਾਰੇ ਗਏ 11 ਵਿਅਕਤੀਆਂ ਵਿੱਚੋਂ 10 ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚ ਸਰਮੋਹਨ ਗਿੱਲ (ਸਬ ਫਾਇਰ ਅਫਸਰ), ਪੂਰਨ ਸਿੰਘ (ਲੀਡਿੰਗ ਫਾਇਰਮੈਨ), ਰਾਜਨ ਸਿੰਘ (ਫਾਇਰਮੈਨ), ਵਿਸ਼ਾਲ ਕੁਮਾਰ, ਇੰਦਰਪਾਲ ਸਿੰਘ ਪਾਲ ਟੈਕਸੀ ਵਾਲਾ, ਲਕਸ਼ਣ ਦ੍ਰਾਵਿੜ (ਪਠਾਨਕੋਟ ਵਿਖੇ ਤਾਇਨਾਤ ਚੀਫ ਸੈਨੇਟਰੀ ਇੰਸਪੈਕਟਰ), ਸੰਦੀਪ ਸਿੰਘ (ਫੈਕਟਰੀ ਵਰਕਰ), ਬਲਦੇਵ ਰਾਜ (ਫੈਕਟਰੀ ਵਰਕਰ), ਅਮਰਜੋਤ ਅਤੇ ਘਨੱਈਆ ਸ਼ਾਮਲ ਹਨ।
ਜ਼ਖਮੀਆਂ ਵਿੱਚ ਰੋਹਿਤ ਕੁਮਾਰ ਅਤੇ ਸੁਨੀਲ ਕੁਮਾਰ ਵੀ ਸ਼ਾਮਿਲ ਸਨ, ਜੋ ਸੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਇਲਾਜ ਮੁਫ਼ਤ ਕਰਨ ਦੀ ਹਦਾਇਤ ਕੀਤੀ।