ਲੁਧਿਆਣਾ ਵਿਖੇ ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਤਿਰੰਗਾ, 800 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ, ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ 51 ਸਖ਼ਸ਼ੀਅਤਾਂ ਦਾ ਵਿਸ਼ੇਸ਼ ਸਨਮਾਨ,

0
1404

ਲੁਧਿਆਣਾ, 26 ਜਨਵਰੀ (ਸੀ ਐਨ ਆਈ ) ਜਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਹਰ ਸਾਲ ਦੀ ਤਰਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨਾ ਨਾਲ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਸ੍ਰੀ ਆਰ. ਐੱਨ. ਢੋਕੇ ਵੀ ਹਾਜ਼ਰ ਸਨ।
ਮਾਰਚ ਪਾਸਟ ਦੀ ਅਗਵਾਈ ਪੀ. ਪੀ. ਐੱਸ. ਅਧਿਕਾਰੀ ਸ੍ਰੀ ਰਾਜਨ ਸ਼ਰਮਾ ਨੇ ਕੀਤੀ। ਵੱਖ-ਵੱਖ 13 ਪਰੇਡ ਟੁਕੜੀਆਂ ਵਿੱਚੋਂ ਪੰਜਾਬ ਪੁਲਿਸ ਦੀਆਂ ਸਾਰੀਆਂ ਟੁਕੜੀਆਂ ਦੀ ਅਗਵਾਈ ਮਹਿਲਾ ਪੁਲਿਸ ਅਧਿਕਾਰਨਾਂ ਨੇ ਕੀਤੀ, ਜੋ ਕਿ ਮਹਿਲਾ ਸਸ਼ਕਤੀਕਰਨ ਅਤੇ ਬੇਟੀ ਬਚਾਓ-ਬੇਟੀ ਪੜਾਓ ਦੇ ਨਾਅਰੇ ਨੂੰ ਬੁਲੰਦ ਕਰ ਗਿਆ।
ਇਸ ਮੌਕੇ ਸੰਦੇਸ਼ ਜਾਰੀ ਕਰਦਿਆਂ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।
ਸ੍ਰ. ਬਾਦਲ ਨੇ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨਾ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਉਨਾ ਕਿਹਾ ਕਿ ਸੂਬੇ ਦੀਆਂ ਸਨਅਤਾਂ ਵਿੱਚ ਨਵੀਂ ਰੂਹ ਫੂਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨੌਕਰੀ ਦੇ ਕਾਬਿਲ ਬਣਾ ਕੇ ਉਨਾ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।
ਉਨਾ ਕਿਹਾ ਕਿ ਲੜਕੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕਾਲਜ ਖੋਲ੍ਹੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ੍ਰ. ਬਾਦਲ ਵੱਲੋਂ ਬੀਤੇ ਦਿਨੀਂ ਸ਼ਹਿਰ ਵਿੱਚ ਲੜਕੀਆਂ ਲਈ ਸਰਕਾਰੀ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ ਸੀ।
ਇਸ ਮੌਕੇ ਉਨਾ ਨੇ ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਜਿਲਾ ਦੀਆਂ 51 ਉਨਾ ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਉਨਾ ਜਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਸਮਾਗਮ ਤੋਂ ਬੇਹੱਦ ਪ੍ਰਭਾਵਿਤ ਹੋਏ ਸ੍ਰ. ਬਾਦਲ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਟੀਮਾਂ ਨੂੰ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਅਤੇ ਮਿਤੀ 27 ਜਨਵਰੀ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ।
ਦੱਸਣਯੋਗ ਹੈ ਕਿ ਪੂਰੇ ਸਮਾਗਮ ਦੌਰਾਨ ਭਾਵੇਂਕਿ ਕਾਫੀ ਠੰਡਾ ਮੌਸਮ ਰਿਹਾ ਪਰ ਫਿਰ ਵੀ 800 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ। ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ। ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਦਰਸਾਉਂਦੀਆਂ 22 ਝਾਕੀਆਂ ਵੀ ਸ਼ਹਿਰ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ।
ਸਮਾਗਮ ਦੌਰਾਨ ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਵਿਧਾਇਕ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੰਜੀਵ ਤਲਵਾੜ, ਜਿਲਾ ਅਤੇ ਸੈਸ਼ਨ ਜੱਜ ਸ੍ਰ. ਗੁਰਬੀਰ ਸਿੰਘ, ਨਗਰ ਨਿਗਮ ਕਮਿਸ਼ਨਰ ਸ੍ਰ. ਜਸਕਿਰਨ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਜਗਰਾਂਉ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰ. ਰਿਸ਼ੀਪਾਲ ਸਿੰਘ, ਸ੍ਰ. ਅਮਰਜੀਤ ਸਿੰਘ ਟਿੱਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸ੍ਰੀ. ਕੇ. ਕੇ. ਬਾਵਾ ਸੀਨੀਅਰ ਕਾਂਗਰਸੀ ਆਗੂ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ ਅਤੇ ਹੋਰ ਹਾਜ਼ਰ ਸਨ।