2 ਅਪ੍ਰੈਲ ਨੂੰ ਭਾਰਤ ਬੰਦ ਦੇ ਮੱਦੇ ਨਜ਼ਰ ਪੁਲਿਸ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ

0
1453

ਲੋਕਾਂ ਨੂੰ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਕੀਤੀ ਅਪੀਲ
ਸਾਰੇ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ


ਲੁਧਿਆਣਾ 01 ਅਪ੍ਰੈਲ (ਸੀ ਐਨ ਆਈ )- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਆਰ.ਐਨ.ਢੋਕੇ ਦੀ ਅਗਵਾਈ ਹੇਠ 2 ਮਾਰਚ ਨੂੰ ਭਾਰਤ ਬੰਦ ਦੇ ਮੱਦੇ ਨਜ਼ਰ ਪੁਲਿਸ ਵੱਲੋਂ ਐਤਵਾਰ ਸ਼ਾਮ ਨੂੰ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚੋਂ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ ਤੇ ਗਗਨ ਅਜੀਤ ਸਿੰਘ ਨੇ 500 ਪੁਲਿਸ ਕਰਮਚਾਰੀਆਂ ਦੀਆਂ ਟੀਮਾਂ ਦੀ ਅਗਵਾਈ ਵੀ ਕੀਤੀ।

ਇਹ ਫਲੈਗ ਮਾਰਚ ਜਲੰਧਰ ਬਾਈਪਾਸ ਤੋਂ ਸ਼ੁਰੂ ਹੋਇਆ ਅਤੇ ਇਹ ਵਿਸ਼ਵਕਰਮਾ ਚੌਂਕ, ਘੰਟਾ ਘਰ, ਭਾਰਤ ਨਗਰ ਚੌਂਕ, ਗਿੱਲ ਚੌਂਕ ਤੋਂ ਹੁੰਦਾ ਹੋਇਆ ਫਿਰੋਜ਼ਪੁਰ ਰੋਡ ਵਿਖੇ ਸਮਾਪਤ ਹੋਇਆ।

ਪੁਲਿਸ ਕਮਿਸ਼ਨਰ ਆਰ.ਐਨ ਢੋਕੇ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੱਲ੍ਹ ਉਹ ਭਾਰਤ ਬੰਦ ਦੇ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਸੰਜਮ ਦੀ ਵਰਤੋਂ ਕਰਨ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਰੋਸ ਮਾਰਚ ਦੌਰਾਨ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਅਮਨ, ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਪਹਿਲ ਦੇਣ ਅਤੇ ਕਿਸੇ ਵੀ ਤਰੀਕੇ ਨਾਲ ਆਮ ਮਾਹੌਲ ਖਰਾਬ ਨਹੀਂ ਹੋਣਾ ਚਾਹੀਦਾ।

ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਉਨ੍ਹਾਂ ਸਭ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਉਨ੍ਹਾਂ ਦੱਸਿਆ ਕਿ 2 ਅਪ੍ਰੈਲ ਨੂੰ ਸਾਰੇ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ ਅਤੇ ਇੰਟਰਨੈੱਟ ਸੇਵਾਵਾਂ 24 ਘੰਟੇ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਜਗਰਾਓ, ਰਾਏਕੋਟ, ਪਾਇਲ, ਖੰਨਾ ਅਤੇ ਸਮਰਾਲਾ ਵਿੱਚ ਵੀ ਸੁਰੱਖਿਆ ਦੇ ਪੁਖਤਾ ਇਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।