ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਾਉਣ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ,

0
2175
OLYMPUS DIGITAL CAMERA

ਸਮਰਾਲਾ (ਲੁਧਿਆਣਾ), 8 ਨਵੰਬਰ (ਸੀ ਐਨ ਆਈ )-ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਇੱਕ ਜਾਗਰੂਕਤਾ ਸੈਮੀਨਾਰ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਪੈਣ ਵਾਲੇ ਪ੍ਰਭਾਵਾਂ ਅਤੇ ਇਸ ਪ੍ਰਥਾ ਨੂੰ ਰੋਕਣ ਬਾਰੇ ਜਾਗਰੂਕ ਕੀਤਾ ਗਿਆ।
ਇਸ ਸੈਮੀਨਾਰ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਤਕਨੀਕੀ ਤੌਰ ‘ਤੇ ਸੰਭਾਲਣ ਸੰਬੰਧੀ ਨਮੂਨਾ ਵੀ ਪੇਸ਼ ਕੀਤਾ ਗਿਆ, ਜਿਸ ਤਹਿਤ ਹੈਪੀਸੀਡਰ ਮਸ਼ੀਨ ਨਾਲ ਇੱਕ ਏਕੜ ਖੇਤ ਵਿੱਚ ਬਿਨਾ ਪਰਾਲੀ ਨੂੰ ਸਾੜੇ ਕਣਕ ਦੀ ਬਿਜਾਈ ਕਰਕੇ ਦਿਖਾਈ ਗਈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਐਸੋਸੀਏਟ ਡਾਇਰੈਕਟਰ ਡਾ. ਐੱਸ. ਸੀ. ਸ਼ਰਮਾ ਨੇ ਸਵਾਗਤੀ ਸ਼ਬਦ ਕਹੇ ਅਤੇ ਕੇਂਦਰ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਊਨਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਤਕਨੀਕ ਵਿੱਚ ਵਾਧਾ ਕਰਦਿਆਂ ਕਣਕ ਦੀਆਂ ਪ੍ਰਮਾਣਿਤ ਕਿਸਮਾਂ ਦੀ ਹੀ ਬਿਜਾਈ ਕਰਨ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟਰ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦਿਆਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਹੈਪੀਸੀਡਰ, ਬੇਲਰ, ਜ਼ੀਰੋ ਟਿੱਲੇਜ਼ ਅਤੇ ਹੋਰ ਸਹਾਇਕ ਮਸ਼ੀਨਰੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਊਨਾ ਕਿਸਾਨਾਂ ਨੂੰ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅਗਲੀ ਫ਼ਸਲ ਦੀ ਖੁਰਾਕ ਵਜੋਂ ਵਰਤਣ। ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਇਸ ਦਿਸ਼ਾ ਵਿੱਚ ਕਿਸਾਨਾਂ ਨੂੰ ਕੀਤੇ ਜਾ ਰਹੇ ਜਾਗਰੂਕਤਾ ਕਾਰਜਾਂ ਬਾਰੇ ਜਾਣੂ ਕਰਾਉਂਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ।
ਸੈਮੀਨਾਰ ਨੂੰ ਡਾ. ਰਾਜਬੀਰ ਸਿੰਘ ਡਾਇਰੈਕਟਰ ਅਟਾਰੀ ਜ਼ੋਨ ਲੁਧਿਆਣਾ, ਡਾ. ਜੀ. ਐੱਸ. ਬੁੱਟਰ, ਵਧੀਕ ਡਾਇਰੈਕਟਰ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਡਾ. ਧਰਮਿੰਦਰ ਸਿੰਘ, ਡਾ. ਮਹੇਸ਼ ਨਾਰੰਗ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਡਿਪਟੀ ਰੈਜੀਡੈਂਟ ਡਾਇਰੈਕਟਰ ਮਿਸ ਰਿਮਨੀਤ ਕੌਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਵਿੱਚ ਇਲਾਕੇ ਦੇ 100 ਤੋਂ ਵਧੇਰੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਅਦਾਰਿਆਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।