ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 16 ਨੂੰ ਕੈਬਨਿਟ ਮੰਤਰੀਆਂ ਸਮੇਤ ਕਈ ਸਖ਼ਸ਼ੀਅਤਾਂ ਮਹਾਨ ਸ਼ਹੀਦ ਨੂੰ ਕਰਨਗੀਆਂ ਸ਼ਰਧਾ ਦੇ ਫੁੱਲ ਭੇਟ,

0
1507

ਸਰਾਭਾ/ਲੁਧਿਆਣਾ, 10 ਨਵੰਬਰ (ਸੀ ਐਨ ਆਈ)-”ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਪਿੰਡ ਸਰਾਭਾ ਵਿਖੇ ਮਿਤੀ 16 ਨਵੰਬਰ ਦਿਨ ਵੀਰਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ, ਵਿਧਾਇਕ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਹੋ ਕੇ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।”
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਪਿੰਡ ਸਰਾਭਾ ਵਿਖੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨਾ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਦਾ ਸਤਿਕਾਰ ਕਰਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਉਨਾ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਦੇ ਤੌਰ ‘ਤੇ ਮਨਾਇਆ ਜਾਵੇ, ਜਿਸ ਲਈ ਸਾਰੇ ਪ੍ਰਬੰਧ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਉਨਾ ਕਿਹਾ ਕਿ ਇਹ ਸਮਾਗਮ 16 ਨਵੰਬਰ ਨੂੰ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਮੌਕੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨਾ ਸਮੂਹ ਅਧਿਕਾਰੀਆਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ। ਉਨਾ ਹਦਾਇਤ ਕੀਤੀ ਕਿ ਇਸ ਸਮਾਗਮ ਸੰਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣ। ਇਸ ਉਪਰੰਤ ਉਨਾ ਸ਼ਹੀਦ ਦੇ ਜੱਦੀ ਘਰ ਦਾ ਵੀ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਦੀਆਂ ਲੋੜਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨਾ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਦਮਨਜੀਤ ਸਿੰਘ ਮਾਨ, ਐੱਸ. ਡੀ. ਐੱਮ. ਪਾਇਲ ਸ੍ਰ. ਪਰਮਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਸ੍ਰ. ਮੇਜਰ ਸਿੰਘ ਭੈਣੀ, ਕਲੱਬ ਦੇ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਅਤੇ ਹੋਰ ਸਾਰੇ ਨੁਮਾਇੰਦੇ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।