ਫਾਜਿਲਕਾ 31 ਦਸੰਬਰ (ਸੁਰਿੰਦਰ) ਫਾਜ਼ਿਲਕਾ ਸ਼ਹਿਰ ਦੇ ਸੰਪੂਰਨ ਵਿਕਾਸ ਤੇ ਇਸ ਸਾਲ ਕੀਤੇ ਜਾਣਗੇ 15 ਕਰੋੜ ਰੁਪਏ ਖਰਚ ਸ਼ਹਿਰੀ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੌਕੇ ਤੇ ਕੀਤਾ ਹੱਲ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਫਾਜ਼ਿਲਕਾ ਸ਼ਹਿਰ ਦੇ ਸੰਪੂਰਨ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਸਾਲ ਸ਼ਹਿਰ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਵਿਚ ਸ਼ਹਿਰ ਵਿਚ ਮੁੱਖ ਮਾਰਗਾਂ ਨੂੰ ਜੋੜਦੀਆਂ ਸੜਕਾਂ ਤੇ 4.15 ਲੱਖ, ਪੀਣ ਵਾਲੇ ਪਾਣੀ ਦੀ ਪਾਇਪ ਲਾਈਨ ਤੇ 3.70 ਲੱਖ, ਸ਼ਹਿਰ ਦੇ ਸੀਵਰੇਜ ਤੇ 6.60 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਪਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਫਾਜ਼ਿਲਕਾ ਵਿਖੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਮੌਕੇ ਦਿੱਤੀ।
ਇਸ ਮੌਕੇ ਸ਼੍ਰੀ ਜਿਆਣੀ ਨੇ ਕਿਹਾ ਕਿ ਫਾਜ਼ਿਲਕਾ ਵਾਸੀਆਂ ਨੂੰ ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਆਦਿ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਵਿਕਾਸ ਕਾਰਜਾਂ ਦੇ ਸ਼ੁਰੂ ਹੋਣ ਨਾਲ ਹੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਲਈ ਸ਼ਹਿਰ ਦੀਆਂ ਸੜਕਾਂ ਤੇ ਰੁੱਖ ਵੀ ਲਗਾਏ ਜਾਣਗੇ। ਫਾਜ਼ਿਲਕਾ ਨੂੰ ਵਿਕਾਸ ਪੱਖੋਂ ਕਿਸੇ ਵੀ ਤਰ੍ਹਾਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ।
ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦਾ ਪਹਿਲਾ ਉਦੇਸ਼ ਹੈ। ਇਸ ਲਈ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਲੋਕਾਂ ਦੇ ਵਿਚ ਬੈਠ ਕੇ ਇੰਨ੍ਹਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਸ਼੍ਰੀ ਜਿਆਣੀ ਨੇ ਕਿਹਾ ਕਿ ਇਹ ਸਮੱਸਿਆਵਾਂ ਕੋਈ ਪੁਰਾਣੀਆਂ ਨਹੀਂ ਬਲਕਿ ਹੁਣ ਦਰਪੇਸ਼ ਆ ਰਹੀਆਂ ਸਮੱਸਿਆਵਾਂ ਹਨ। ਜਿੰਨ੍ਹਾਂ ਦਾ ਹੱਲ ਵੀ ਨਾਲੋ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਹਿਰੀ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਹਰ ਮਹੀਨੇ ਹੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਹਨ। ਜਿਕਰਯੋਗ ਹੈ ਕਿ ਅੱਜ ਸ਼ਹਿਰੀ ਲੋਕਾਂ ਨੂੰ ਪੇਸ਼ ਆ ਰਹੀਆਂ ਸਫ਼ਾਈ, ਸੀਵਰੇਜ, ਬਿਜਲੀ, ਪੈਨਸ਼ਨ ਆਦਿ ਤੋਂ ਇਲਾਵਾ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਸਨ। ਜਿੰਨ੍ਹਾਂ ਦੇ ਹੱਲ ਲਈ ਉਨ੍ਹਾਂ ਵੱਲੋਂ ਮੌਕੇ ਤੇ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਦੀ ਰਾਸ਼ੀ ਦੁਗਣੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਰਕਮ ਦੁਗਣੀ ਹੋਣ ਨਾਲ ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ।