-ਉਪ ਮੁੱਖ ਮੰਤਰੀ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੇ ਕੁੱਲੂ ਹਾਦਸੇ ਦੇ ਪੀੜਤਾਂ ਨਾਲ ਕੀਤਾ ਦੁੱਖ ਸਾਂਝਾ -ਲਾਪਤਾ ਵਿਅਕਤੀਆਂ ਦੀ ਭਾਲ ਲਈ ਸਰਕਾਰ ਦੇ ਯਤਨ ਜਾਰੀ : ਸੁਖਬੀਰ ਬਾਦਲ

0
1690

-ਹਰ ਪ੍ਰਕਾਰ ਦੀ ਸਹਾਇਤਾ ਲਈ ਪੀੜਤਾਂ ਦੇ ਨਾਲ ਖੜ੍ਹੇ ਹਾਂ : ਬੀਬੀ ਬਾਦਲ
ਬਠਿੰਡਾ, 26 ਜੁਲਾਈ ( ਧਰਮਵੀਰ ਨਾਗਪਾਲ ) : ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਕੁੱਲੂ ਬੱਸ ਹਾਦਸੇ ਦੇ ਪੀੜਤਾਂ ਨਾਲ ਅੱਜ ਦੁੱਖ ਸਾਂਝਾ ਕੀਤਾ। ਉਹ ਪਿੰਡ ਲੇਲੇਵਾਲਾ, ਜਗਾ ਰਾਮਤੀਰਥ ਅਤੇ ਮਹਿਰਾਜ ਵਿਖੇ ਪੁੱਜੇ, ਜਿਥੇ ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਪੰਜਾਬ ਦੇ ਬਠਿੰਡਾ, ਮਾਨਸਾ ਅਤੇ ਬਰਨਾਲਾ ਤੋਂ ਤਕਰੀਬਨ 60 ਯਾਤਰੀਆਂ ਨਾਲ ਮਨੀਕਰਨ ਸਾਹਿਬ ਵਿਖੇ ਜਾ ਰਹੀ ਬੱਸ ਵੀਰਵਾਰ ਨੂੰ ਕੁੱਲੂ ਜ਼ਿਲ੍ਹੇ ਦੇ ਭੁੰਤਰ ਨੇੜੇ ਨਦੀ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਨ੍ਹਾਂ ਵਿਚੋਂ 21 ਵਿਅਕਤੀ ਬਚਾਅ ਲਏ ਗਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬੱਸ ਹਾਦਸਾ ਕਾਫੀ ਅਫਸੋਸਜਨਕ ਸੀ, ਜਿਸ ਸਦਕਾ ਕਈ ਵਿਅਕਤੀ ਪਰਿਵਾਰਾਂ ਤੋਂ ਵਿਛੜ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਵਲੋਂ ਹਾਦਸੇ ਵਿਚ ਮੌਤ ਦੇ ਮੂੰਹ ਵਿਚ ਗਏ ਵਿਅਕਤੀਆਂ ਲਈ ਇਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਰਿਲੀਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦਾ ਇਲਾਜ ਵੀ ਸਰਕਾਰ ਵਲੋਂ ਮੁਫਤ ਤੌਰ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲਾਪਤਾ ਵਿਅਕਤੀਆਂ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਸਹੀ ਸਲਾਮਤ ਮਿਲ ਜਾਣ। ਉਨ੍ਹਾਂ ਕਿਹਾ ਕਿ ਬੱਸ ਦੀ ਓਵਰਲੋਡਿੰਗ ਅਤੇ ਪਰਮਿਟ ਸਮੇਤ ਪੂਰੀ ਜਾਂਚ-ਪੜਤਾਲ ਕੀਤੀ ਜਾਵੇਗੀ।
ਸ੍ਰ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਨਾਲ ਬਚਾਅ ਤੇ ਰਾਹਤ ਕਾਰਜਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰਾਹਤ ਤੇ ਬਚਾਅ ਕਾਰਜਾਂ ਲਈ ਤਾਲਮੇਲ ਕਰਨ ਵਾਸਤੇ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਉਚ ਅਧਿਕਾਰੀਆਂ ਵਲੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਜ਼ਖ਼ਮੀ ਹੋਏ 21 ਵਿਅਕਤੀਆਂ ਨੂੰ ਕੁੱਲੂ ਦੇ ਸਥਾਨਕ ਹਸਪਤਾਲ ਤੋਂ ਇਲਾਜ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ ਅਤੇ ਚਾਰ ਵਿਅਕਤੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਹਨ। ਉਨ੍ਹਾਂ ਕਿਹਾ ਕਿ ਗੁੰਮ ਹੋਏ 37 ਵਿਅਕਤੀਆਂ ਵਿਚੋਂ 9 ਦੀਆਂ ਲਾਸ਼ਾਂ ਪ੍ਰਾਪਤ ਕਰ ਲਈਆਂ ਹਨ, ਜਿਨ੍ਹਾਂ ਵਿਚ ਪਿੰਡ ਲੇਲੇਵਾਲਾ ਦੇ ਦੋ, ਜਗਾ ਰਾਮਤੀਰਥ ਦੇ ਤਿੰਨ ਅਤੇ ਮਹਿਰਾਜ ਦੇ ਦੋ ਵਿਅਕਤੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਪੰਡੋਅ ਤੇ ਲਾਰਜੀ ਡੈਮਾਂ ’ਤੇ ਲਾਸ਼ਾਂ ਨੂੰ ਲੱਭਣ ਲਈ ਨਿਗਰਾਨ ਪੋਸਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਦੋਵਾਂ ਡੈਮਾਂ ’ਤੇ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਰਿਸ਼ਤੇਦਾਰਾਂ ਦੀ ਭਾਲ ਲਈ ਕੋਟਰੋਲ ਰੂਮ ਵਿਖੇ ਸੰਪਰਕ ਕਰ ਸਕਦਾ ਹੈ।
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬੱਸ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਲਈ ਇਹ ਘਟਨਾ ਦੁਖਦਾਈ ਪੀੜਾ ਦੇ ਗਈ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਰਜ਼ਾ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ, ਪਰ ਸਰਕਾਰ ਪੀੜਤਾਂ ਦਾ ਹਰ ਮਦਦ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਲਾਪਤਾ ਵਿਅਕਤੀਆਂ ਦੀ ਸ਼ਨਾਖਤ ਲਈ ਪੰਜਾਬ ਸਰਕਾਰ ਵਲੋਂ ਯਤਨ ਜਾਰੀ ਹਨ ਅਤੇ ਉਚ ਅਧਿਕਾਰੀਆਂ ਦੀ ਟੀਮ ਵਲੋਂ ਦਿਨ-ਰਾਤ ਇਕ ਕਰਕੇ ਲਾਪਤਾ ਵਿਅਕਤੀਆਂ ਨੂੰ ਲੱਭਣ ਦਾ ਤਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜ਼ਖਮੀ ਵਿਅਕਤੀਆਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਤਲਵੰਡੀ ਸਾਬੋ ਸ਼੍ਰੀ ਜੀਤ ਮਹਿੰਦਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਐਸ.ਐਸ.ਪੀ. ਸ਼੍ਰੀ ਇੰਦਰ ਮੋਹਨ ਸਿੰਘ ਭੱਟੀ, ਓ.ਐਸ.ਡੀ ਟੂ ਡਿਪਟੀ ਸੀ.ਐਮ. ਸ਼੍ਰੀ ਮੁਨੀਸ਼ ਕੁਮਾਰ, ਸਹਾਇਕ ਮੀਡੀਆ ਸਲਾਹਕਾਰ ਸ਼੍ਰੀ ਹਰਜਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੈਸ ਸਕੱਤਰ ਸ਼੍ਰੋਮਣੀ ਅਕਾਲੀ ਦਲ ਡਾ. ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।