ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਪਾਬੰਦੀ

0
1370

 

ਪਟਿਆਲਾ, 21 ਸਤੰਬਰ: (ਧਰਮਵੀਰ ਨਾਗਪਾਲ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਵਰੁਣ ਰੂਜਮ ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2015 ਦੌਰਾਨ ਝੋਨੇ (ਜੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਧੂੰਏ ਕਾਰਨ ਆਮ ਲੋਕਾਂ ਤੇ ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਣ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਅੱਗ ਨਾਲ ਆਲੇ ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਦੁਰਲੱਭ ਅਤੇ ਲਾਭਦਾਇਕ ਜੀਵ ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖਤਮ ਹੋ ਜਾਂਦਾ ਹੈ। ਸੜਕ ਦੇ ਨਾਲ ਲਗਦੇ ਖੇਤਾਂ ਵਿੱਚ ਅੱਗ ਲਾਉਣ ਕਾਰਨ ਸੜਕ ਉਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਦਾ ਹੈ ਅਤੇ ਵੱਡੀ ਦੁਰਘਟਨਾ ਹੋ ਸਕਦੀ ਹੈ ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਸਥਾਨਾਂ ‘ਤੇ ਅਹਿਮ ਪਲਾਂਟਾਂ ਜਿਵੇਂ ਕਿ ਨਾਭਾ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦਾ ਐਲ.ਪੀ.ਜੀ ਬਾਟਲਿੰਗ ਪਲਾਂਟ, ਜਿਸ ਵਿੱਚ ਬਹੁਤ ਹੀ ਬਲਣਸ਼ੀਲ ਪਦਾਰਥ ਜਿਵੇਂ ਕਿ ਗੈਸ/ਪੈਟਰੋਲ ਆਦਿ ਦਾ ਭੰਡਾਰ ਹੈ, ਸਥਿਤ ਹਨ ਅਤੇ ਜ਼ਿਲ੍ਹੇ ਵਿੱਚੋਂ ਕਈ ਥਾਂਵਾਂ ਤੋਂ ਗੈਸ ਪਾਈਪ ਲਾਈਨ ਵੀ ਲੰਘਦੀ ਹੈ ਅਤੇ ਇਨ੍ਹਾਂ ਪਲਾਂਟਾ ਦੇ ਆਸ ਪਾਸ ਝੋਨੇ ਆਦਿ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ ਕਾਨੁੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਹੁਕਮ 20 ਨਵੰਬਰ ਤੱਕ ਜਾਰੀ ਰਹਿਣਗੇ।